ਲੋਕਾਂ ਨੂੰ ਰਾਹਤ ਦਿੰਦੇ ਹੋਏ ਆਰਬੀਆਈ ਨੇ ਪ੍ਰਸਿੱਧ ਪੇਮੈਂਟ ਪਲੇਟਫਾਰਮ ਯੂਪੀਆਈ (ਯੂਨੀਫਾਈਡ ਪੇਮੈਂਟ ਇੰਟਰਫੇਸ) ਰਾਹੀਂ ਹਸਪਤਾਲਾਂ ਵਿੱਚ ਇਲਾਜ ਅਤੇ ਵਿਦਿਅਕ ਅਦਾਰਿਆਂ ਵਿੱਚ ਦਾਖ਼ਲੇ ਲਈ ਭੁਗਤਾਨ ਦੀ ਹੱਦ 1 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਭੁਗਤਾਨਾ ਲਈ ਯੂਪੀਆਈ ਦੀ ਵਰਤੋਂ ਨੂੰ ਵਧਾਉਣਾ ਹੈ। ਮੁਦਰਾ ਨੀਤੀ ਸਮੀਖਿਆ ਪੇਸ਼ ਕਰਦੇ ਹੋਏ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਕਿਹਾ, ‘ਹਸਪਤਾਲਾਂ ਅਤੇ ਵਿਦਿਅਕ ਸੰਸਥਾਵਾਂ ਲਈ ਯੂਪੀਆਈ ਰਾਹੀਂ ਭੁਗਤਾਨ ਦੀ ਸੀਮਾ ਮੌਜੂਦਾ 1 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੈਂਟਰਲ ਬੈਂਕ ਵੱਲੋਂ ਇਸ ਸਬੰਧੀ ਵੱਖਰਾ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ।’

