ਬੰਗਲੌਰ, 18 ਜੁਲਾਈ (ਪ੍ਰੈਸ ਕਿ ਤਾਕਤ ਬਿਊਰੋ)
ਸਾਲ 2024 ਦੀਆਂ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਗਠਜੋੜ ਦੀ ਰੂਪ ਰੇਖਾ ਅਤੇ ਸਾਂਝੇ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅੱਜ ਇੱਥੇ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਰਸਮੀ ਮੀਟਿੰਗ ਸ਼ੁਰੂ ਹੋਈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਦੋ ਦਿਨਾਂ ਬੈਠਕ ਦੇ ਪਹਿਲੇ ਦਿਨ ਸੋਮਵਾਰ ਨੂੰ ਰਾਤ ਦੇ ਖਾਣੇ ‘ਤੇ ਗੈਰ ਰਸਮੀ ਤੌਰ ‘ਤੇ ਚਰਚਾ ਕੀਤੀ ਸੀ। ਇਸ ਰਾਹੀਂ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਇੱਕਜੁੱਟ ਹਨ। ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਅਤੇ ਕੁਝ ਹੋਰ ਆਗੂ ਜੋ ਪਹਿਲੇ ਦਿਨ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ, ਅੱਜ ਦੂਜੇ ਦਿਨ ਦੀ ਮੀਟਿੰਗ ਵਿੱਚ ਵੀ ਸ਼ਾਮਲ ਹੋਏ। ਅੱਜ ਦੀ ਮੀਟਿੰਗ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਆਗੂ ਸਾਂਝੀ ਪ੍ਰੈੱਸ ਕਾਨਫਰੰਸ ਰਾਹੀਂ ਭਵਿੱਖ ਦੀ ਰਣਨੀਤੀ ਪੇਸ਼ ਕਰਨਗੇ ਤੇ ਇਸ ਨਾਲ ਦੋ ਦਿਨਾਂ ਮੀਟਿੰਗ ਸਮਾਪਤ ਹੋ ਜਾਵੇਗੀ। ਦੂਜੇ ਦਿਨ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਐੱਨਸੀਪੀ ਮੁਖੀ ਸ਼ਰਦ ਪਵਾਰ, ਤ੍ਰਿਣਮੂਲ ਕਾਂਗਰਸ ਮੁਖੀ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਬਿਹਾਰ ਦੇ ਮੁੱਖ ਮੰਤਰੀ ਤੇ ਜਨਤਾ ਦਲ (ਯੂ) ਦੇ ਆਗੂ ਨਿਤੀਸ਼ ਕੁਮਾਰ, ਡੀਐੱਮਕੇ ਨੇਤਾ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ, ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ, ਝਾਰਖੰਡ ਮੁਕਤੀ ਮੋਰਚਾ ਦੇ ਆਗੂ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਕੁਝ ਹੋਰ ਆਗੂ ਸ਼ਾਮਲ ਹਨ।