ਪਟਿਆਲਾ, 11 ਜੁਲਾਈ:
ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਬਣੇ ਸੁਆਗਤ ਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਪਟਿਆਲਾ ਵਾਸੀ ਲਾਭ ਉਠਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਉਣ ਲਈ ਖੋਲ੍ਹੇ ਗਏ ‘ਸੁਆਗਤ ਅਤੇ ਮੁੱਖ ਮੰਤਰੀ ਸਹਾਇਤਾ ਕੇਂਦਰ’ ‘ਚ ਰੋਜ਼ਾਨਾ ਵੱਡੀ ਗਿਣਤੀ ਲੋਕਾਂ ਵੱਲੋਂ ਆਪਣੀਆਂ ਦਰਖਾਸਤਾਂ ਲਿਆਂਦੀ ਜਾ ਰਹੀਆਂ ਹਨ, ਜਿਨ੍ਹਾਂ ਦਰਖਾਸਤਾਂ ਦਾ ਤੁਰੰਤ ਨਿਪਟਾਰਾ ਕੀਤੇ ਜਾਣ ਯੋਗ ਹੁੰਦਾ ਹੈ, ਉਨ੍ਹਾਂ ਦਾ ਤੁਰੰਤ ਅਤੇ ਜੋ ਕਿਸੇ ਵਿਭਾਗ ਨਾਲ ਸਬੰਧਤ ਹੁੰਦੀਆਂ ਹਨ, ਉਹ ਸਬੰਧਤ ਵਿਭਾਗ ਨੂੰ ਸਮਾਂਬੱਧ ਨਿਪਟਾਰਾ ਕਰਨ ਲਈ ਭੇਜੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਸ਼ੁਰੂ ਕੀਤੇ ਗਏ ਟੋਕਨ ਸਿਸਟਮ ਦਾ ਵੀ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਅੱਜ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਪਣੇ ਕੰਮ ਲਈ ਆਏ ਪਿੰਡ ਮੱਦੋ ਮਾਜਰਾ ਦੇ ਵਸਨੀਕ ਗੁਰਪ੍ਰੀਤ ਸਿੰਘ ਨੇ ਟੋਕਨ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਮੁਲਾਕਾਤ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਇਹ ਨਵੀਂ ਟੋਕਨ ਪ੍ਰਣਾਲੀ ਸ਼ੁਰੂ ਕੀਤੀ ਹੈ, ਇਸ ਨਾਲ ਡਿਪਟੀ ਕਮਿਸ਼ਨਰ ਤੱਕ ਪਹੁੰਚ ਬਣਾਉਣੀ ਬਹੁਤ ਆਸਾਨ ਹੋ ਗਈ ਹੈ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦੀ ਪੂਰੀ ਗੱਲ ਸੁਣਨ ਉਪਰੰਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਰਦੇਸ਼ ਦੇ ਦਿੱਤੇ ਗਏ ਅਤੇ ਉਨ੍ਹਾਂ ਦਾ ਕੰਮ ਤੁਰੰਤ ਹੋਇਆ। ਇਸੇ ਤਰ੍ਹਾਂ ਪਿੰਡਾ ਕਕਰਾਲਾ ਤੋਂ ਆਏ ਤਰਸੇਮ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਮਿਲਣ ਉਪਰੰਤ ਕਿਹਾ ਕਿ ਉਨ੍ਹਾਂ ਦਾ ਕੰਮ ਬਹੁਤ ਚੰਗੇ ਤਰੀਕੇ ਨਾਲ ਸੁਣਨ ਉਪਰੰਤ ਕਰ ਦਿੱਤਾ ਗਿਆ।
ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਆਪਣੀ ਸ਼ਿਕਾਇਤ ਲੈਕੇ ਆਏ ਪਟਿਆਲਾ ਵਾਸੀ ਰਜਿੰਦਰ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ ‘ਚ ਉਨ੍ਹਾਂ ਦਾ ਤਜ਼ਰਬਾ ਚੰਗਾ ਰਿਹਾ ਹੈ ਤੇ ਉਹ ਆਸ ਕਰਦੇ ਹਨ ਕਿ ਉਨ੍ਹਾਂ ਵੱਲੋਂ ਕੀਤੀ ਗਈ ਸ਼ਿਕਾਇਤ ਦਾ ਨਿਪਟਾਰਾ ਜਲਦ ਹੋ ਜਾਵੇਗਾ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਹੈ ਉਹ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਦਰਜ਼ ਕਰਵਾਉਣ। ਉਨ੍ਹਾਂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਹੱਲ ਕਰਵਾਉਣ ਵਿੱਚ ਮਦਦ ਮਿਲੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰਾ ਦੇ ਪ੍ਰਸ਼ਾਸਕੀ ਕੰਮਾਂ ਨੂੰ ਕਰਵਾਉਣ ਲਈ ਇਹ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਨਿਯਮਤ ਤੌਰ ਦੇ ਕੰਮਾਂ ਨੂੰ ਸਮਾਂਬੱਧ ਅਤੇ ਫੌਰੀ ਤੌਰ ‘ਤੇ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਉਹ ਸਾਰੀਆਂ ਫਾਈਲਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣੇ ਰੁਟੀਨ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਇੱਕ ਵਾਰ ਜਦੋਂ ਕੋਈ ਵਿਅਕਤੀ ਕਿਸੇ ਵਿਸ਼ੇਸ਼ ਸ਼ਿਕਾਇਤ/ਕੰਮ ਲਈ ਆਪਣੀ ਅਰਜ਼ੀ ਜਮ੍ਹਾਂ ਕਰਾਉਂਦਾ ਹੈ, ਤਾਂ ਇਸ ਨੂੰ ਤੁਰੰਤ ਸਬੰਧਤ ਵਿਭਾਗ ਨੂੰ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਫ਼ਤਰ ਡਿਪਟੀ ਕਮਿਸ਼ਨਰ ਵਿੱਚ ਸਥਾਪਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਆਮ ਲੋਕ ਵਿਸ਼ੇਸ਼ ਵਿੰਡੋ ਰਾਹੀਂ ਸੂਬਾ ਹੈੱਡਕੁਆਰਟਰ ਪੱਧਰ ‘ਤੇ ਆਪਣੀਆਂ ਸ਼ਿਕਾਇਤਾਂ ਦੇ ਸਕਦੇ ਹਨ।