ਚੰਡੀਗੜ੍ਹ, 15 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਬਿਜਲੀ ਪ੍ਰਭਾਵਿਤ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਮੰਤਵ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਾਰੇ ਸਟੋਰ ਦਫਤਰਾਂ ਨੂੰ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੇ ਰੱਖਣ ਦਾ ਫੈਸਲਾ ਕੀਤਾ ਹੈ ।
ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਫੈਸਲਾ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਮਹੱਈਆਂ ਕਰਾਉਣ ਲਈ ਸਟੋਰਾਂ ਵਿਚੌਂ ਲੋੜ ਪੈਣ ਤੇ ਬਿਜਲੀ ਦਾ ਸਮਾਨ ਜਿਵੇਂ ਟਰਾਂਸਫਾਰਮਰ, ਪੋਲਜ਼ ਅਤੇ ਕੇਬਲਜ਼ ਆਦਿ ਮੁਹੱਈਆਂ ਕਰਵਾਉਣ ਲਈ ਕੀਤਾ ਗਿਆ ਹੈ।
ਬਿਜਲੀ ਮੰਤਰੀ ਨੇ ਅੱਗੇ ਦੱਸਿਆ ਪਾਵਰਕਾਮ ਅਧੀਨ ਰਾਜਪੁਰਾ, ਪਾਤੜਾਂ, ਰੋਪੜ, ਖੰਨਾਂ ਅਤੇ ਕਪੂਰਥਲਾ ਵਿਖੇ ਸਟੋਰਾਂ ਦੀ ਮੋਨੀਟਰਇੰਗ ਅਤੇ ਸਪਲਾਈ ਯਕੀਨੀ ਬਣਾਉਣ ਲਈ ਸੀਨੀਅਰ ਐਕਸੀਅਨ ਪੱਧਰ ਦੇ ਅਫਸਰਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇੱਕ ਨਿਗਰਾਨ ਇੰਜੀਨੀਅਰ ਦੀ ਡਿਊਟੀ ਮੁਹਾਲੀ, ਰੋਪੜ ਅਤੇ ਖੰਨਾਂ ਆਊਟਲੈਟ ਸਟੋਰਾਂ ਵਿਚ ਆਉਣ ਵਾਲੇ ਅਤੇ ਜਾਣ ਵਾਲੇ ਸਮਾਨ ਦੀ ਵੰਡ ਦਫਤਰਾਂ ਅਤੇ ਸਟੋਰਜ਼ ਦਫਤਰਾਂ ਨਾਲ ਤਾਲਮੇਲ ਬਣਾ ਕੇ ਸਮਾਨ ਦੀ ਸਪਲਾਈ ਨੂੰ ਬਹਾਲ ਕਰਨ ਲਈ ਲਗਾਈ ਗਈ ਹੈ।
ਬਿਜਲੀ ਮੰਤਰੀ ਨੇ ਦੱਸਿਆ ਹੈ ਕਿ ਜਿਵੇਂ ਹੀ ਪਾਣੀ ਦਾ ਪੱਧਰ ਘੱਟ ਹੁੰਦਾ ਹੈ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਬਿਜਲੀ ਸਪਲਾਈ ਤੁਰੰਤ ਬਹਾਲ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਮ.ਈ. ਮੀਟਰਿੰਗ ਲੈਬਸ ਵੇਰਕਾ, ਬਟਾਲਾ, ਗੁਰਦਾਸਪੁਰ, ਜਲੰਧਰ, ਹੁਸਿ਼ਆਰਪੁਰ, ਗੁਰਾਇਆ, ਮੰਡੀ ਗੋਬਿੰਦਗੜ੍ਹ, ਲੁਧਿਆਣਾ, ਸੰਗਰੂਰ, ਪਟਿਆਲਾ, ਰੋਪੜ, ਮੋਗਾ, ਬਠਿੰਡਾ ਅਤੇ ਮੁਕਤਸਰ ਵੀ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੀਆਂ ਰਹਿਣਗੀਆਂ ।
ਬਿਜਲੀ ਮੰਤਰੀ ਨੇ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵਿਸ਼ਵਾਸ਼ ਦਵਾਇਆ ਹੈ ਕਿ ਹੜ੍ਹਾਂ ਵਾਲੇ ਜਿਨ੍ਹਾਂ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਨੂੰ ਤੁਰੰਤ ਬਹਾਲ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।