-ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ : ਹਰਚੰਦ ਸਿੰਘ ਬਰਸਟ
-ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ, ਬੈਠਣ ਸਮੇਤ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ
-ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਟਿਆਲਾ ਮੰਡੀਆਂ ‘ਚ ਖਰੀਦ ਦੇ ਨਾਲ ਨਾਲ ਲਿਫ਼ਟਿੰਗ ਵੀ ਕਰਵਾਈ ਸ਼ੁਰੂ
ਪਟਿਆਲਾ, 3 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ਸਿੰਘ ਤੇ ਡੀ.ਐਫ.ਐਸ.ਸੀ. ਰਵਿੰਦਰ ਕੌਰ ਵੀ ਮੌਜੂਦ ਸਨ।
ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਫ਼ਸਲ ਦਾ ਇੱਕ ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖਰੀਦ ਕੀਤੇ ਝੋਨੇ ਦੀ ਨਾਲੋ ਨਾਲ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਖਰੀਦ ਸ਼ੁਰੂ ਕਰਨ ਦੇ ਨਾਲ ਨਾਲ ਝੋਨੇ ਦੀ ਲਿਫ਼ਟਿੰਗ ਵੀ ਸ਼ੁਰੂ ਕਰਵਾਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਚੰਦ ਸਿੰਘ ਬਰਸਟ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 1854 ਪੱਕੀ ਮੰਡੀਆਂ ਤੇ ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਜਿਥੇ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ਇਸ ਲਈ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ ਜਿਸ ਵਿੱਚ ਕਿਸਾਨਾਂ ਦੇ ਨੁਮਾਇੰਦੇ, ਆੜ੍ਹਤੀਆਂ ਦੇ ਨੁਮਾਇੰਦੇ ਅਤੇ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸ਼ਿਕਾਇਤ ਨਿਵਾਰਨ ਕਮੇਟੀ ਤੱਕ ਪਹੁੰਚ ਕਰ ਸਕਦਾ ਹੈ।
ਇੱਕ ਸਵਾਲ ਦੇ ਜਵਾਬ ‘ਚ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਬਾਹਰਲੇ ਸੂਬਿਆਂ ਵਿਚੋਂ ਆਉਣ ਵਾਲੇ ਝੋਨੇ ਨੂੰ ਰੋਕਣ ਲਈ 20 ਇੰਟਰ ਸਟੇਟ ਬੈਰੀਅਰ ਸਥਾਪਤ ਕੀਤੇ ਗਏ ਹਨ ਅਤੇ 24 ਘੰਟੇ ਸਟਾਫ਼ ਦੀ ਡਿਊਟੀ ਲਗਾਈ ਗਈ ਹੈ ਅਤੇ ਸਮੇਂ ਸਮੇਂ ‘ਤੇ ਮੰਡੀਆਂ ਅਤੇ ਨਾਕਿਆਂ ਦੀ ਚੈਕਿੰਗ ਲਈ ਫਲਾਇੰਗ ਸਕੁਐਂਡ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ 310 ਮੰਡੀਆਂ ਵਿੱਚ 68 ਹਜ਼ਾਰ ਮਿਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 26 ਹਜ਼ਾਰ ਮਿਟਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 876 ਮੰਡੀਆਂ ਵਿੱਚ ਜਿਣਸ ਲਿਆਉਣ ਵਾਲੇ ਕਿਸਾਨਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਵੈਰੀਫਿਕੇਸ਼ਨ ਕਰਨ ਲਈ ਬਾਇਓਮੈਟਰਿਕ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ 2 ਅਕਤੂਬਰ ਤੱਕ 15,684 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 8798 ਮੀਟਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 34,889 ਮੀਟਰਿਕ ਟਨ ਬਾਸਮਤੀ ਝੋਨੇ ਦੀ ਆਮਦ ਹੋਈ ਅਤੇ ਉਸ ਦੀ 100 ਫ਼ੀਸਦੀ ਖਰੀਦ ਵੀ ਹੋ ਚੁੱਕੀ ਹੈ।
ਉਨ੍ਹਾਂ ਪੱਤਰਕਾਰਾਂ ਵੱਲੋਂ ਆਰ.ਡੀ.ਐਫ. ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ 5736 ਕਰੋੜ ਰੁਪਇਆ ਕੇਂਦਰ ਸਰਕਾਰ ਕੋਲ ਪੈਡਿੰਗ ਪਿਆ ਹੈ ਜਿਸ ਸਬੰਧੀ ਆਉਣ ਵਾਲੇ 15 ਦਿਨਾਂ ਵਿੱਚ ਇਸ ਦਾ ਪੰਜਾਬ ਦੇ ਹੱਕ ਵਿੱਚ ਫੈਸਲਾ ਹੋਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ ਹਰਚੰਦ ਸਿੰਘ ਬਰਸਟ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਡੀ.ਐਮ. ਵੇਅਰਹਾਊਸ ਨਿਰਮਲ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਨਾਭਾ ਸੁਰਿੰਦਰ ਪਾਲ ਸ਼ਰਮਾ, ਮਾਰਕਿਟ ਕਮੇਟੀ ਪਟਿਆਲਾ ਦੇ ਸਕੱਤਰ ਪਰਮਪਾਲ ਸਿੰਘ, ਪ੍ਰਧਾਨ ਆੜਤੀ ਐਸੋਸੀਏਸ਼ਨ ਸਤਵਿੰਦਰ ਸਿੰਘ ਸੈਣੀ, ਨਰੇਸ਼ ਭੋਲਾ, ਚਰਨਦਾਸ, ਦਵਿੰਦਰ ਬੱਗਾ, ਹਰਦੀਪ ਸਿੰਘ, ਮੰਨੂ ਮੋਦਗਿਲ, ਨਰਿੰਦਰ ਕੁਮਾਰ, ਰੁਪਿੰਦਰ ਸਿੰਘ, ਵਿਜੇਪਾਲ, ਸਤਵਿੰਦਰ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਆੜ੍ਹਤੀਏ ਮੌਜੂਦ ਸਨ।