ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪਾਕਿ-ਅਧਾਰਤ ਤਸਕਰਾਂ ਵੱਲੋਂ ਦਰਿਆਈ ਰਸਤੇ ਰਾਹੀਂ ਭਾਰਤੀ ਖੇਤਰ ’ਚ ਭੇਜਿਆ ਜਾ ਰਿਹਾ ਹੈ ਨਸ਼ਾ : ਡੀਜੀਪੀ ਗੌਰਵ ਯਾਦਵ
ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ : ਏ.ਆਈ.ਜੀ. ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ
ਚੰਡੀਗੜ੍ਹ/ਅੰਮ੍ਰਿਤਸਰ, 3 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਜਾਣਕਾਰੀ ਦਿੰਦਿਆਂ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ
ਮੁਲਜ਼ਮ ਦੀ ਪਛਾਣ ਸ਼ਿੰਦਰ ਸਿੰਘ ਵਾਸੀ ਪਿੰਡ ਬੂਟੇ ਦੀਆਂ ਛੰਨਾਂ ਮਹਿਤਪੁਰ, ਜਲੰਧਰ ਵਜੋਂ ਹੋਈ ਹੈ। ਮੁਲਜ਼ਮ ਨਸ਼ਾ ਤਸਕਰ ਹੈ ਅਤੇ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਸੀ।
ਡੀਜੀਪੀ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਸ਼ਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਹਾਲ ਹੀ ਵਿੱਚ ਪਾਕਿਸਤਾਨ ਅਧਾਰਤ ਤਸਕਰਾਂ ਅਤੇ ਏਜੰਸੀਆਂ ਵੱਲੋਂ ਫਿਰੋਜ਼ਪੁਰ ਖੇਤਰ ਦੇ ਦਰਿਆਈ ਰਸਤੇ ਰਾਹੀਂ ਭਾਰਤੀ ਖੇਤਰ ’ਚ ਭੇਜੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਸੀ ਅਤੇ ਉਹ(ਸ਼ਿੰਦਰ ਤੇ ਹੋਰ) ਉਕਤ ਖੇਪ ਨੂੰ ਖ਼ਰੀਦਦਾਰ ਧਿਰ (ਪਾਰਟੀ) ਤੱਕ ਪਹੁੰਚਾਉਣ ਲਈ ਅੰਮ੍ਰਿਤਸਰ ਦੇ ਆਲੇ-ਦੁਆਲੇ ਮੌਜੂਦ ਹਨ।
ਉਹਨਾਂ ਦੱਸਿਆ ਕਿ ਫੌਰੀ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਵਿਸ਼ੇਸ਼ ਪੁਲਿਸ ਟੀਮ ਨੇ ਇੱਕ ਆਪ੍ਰੇਸ਼ਨ ਆਰੰਭਿਆ ਅਤੇ ਯੋਜਨਾਬੱਧ ਤਰੀਕੇ ਨਾਲ ਇਲਾਕੇ ਦੀ ਘੇਰਾਬੰਦੀ ਕਰਕੇ ਦੋਸ਼ੀ ਸ਼ਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।
ਮੁੱਢਲੀ ਤਫ਼ਤੀਸ਼ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਏਆਈਜੀ ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਸੈਕਟਰ ਵਿੱਚ, ਪਾਕਿ ਅਧਾਰਤ ਤਸਕਰਾਂ ਨੇ ਹੜ੍ਹਾਂ ਕਾਰਨ ਦਰਿਆ ਦੇ ਕੰਢੇ ਦੇ ਨਾਲੋ-ਨਾਲ ਪਏ ਪਾੜ ਨੂੰ ਵਰਤ ਕੇ ਦਰਿਆ ਰਾਹੀਂ ਨਸ਼ਿਆਂ ਦੀ ਖੇਪ ਦੀ ਤਸਕਰੀ ਕੀਤੀ ।
ਉਹਨਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਗਰੁੱਪ ਦੇ ਬਾਕੀ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਨੂੰ ਤਰਕਪੂਰਨ ਸਿੱਟੇ ਤੱਕ ਪਹੁੰਚਾਉਣ ਲਈ ਉਕਤ ਵਿਅਕਤੀਆਂ ਨਾਲ ਸਬੰਧੀ ਸਭ ਅਗਲੀਆਂ-ਪਿਛਲੀਆਂ ਕੜੀਆਂ ਜਾਂਚਣ ਦੇ ਯਤਨ ਕੀਤੇ ਜਾ ਰਹੇ ਹਨ।
ਇਸ ਸਬੰਧੀ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਅਧੀਨ ਮੁਕੱਦਮਾ ਨੰਬਰ 23 ਮਿਤੀ 03.08.2023 ਨੂੰ ਦਰਜ ਕੀਤਾ ਗਿਆ ਹੈ ਅਤੇ ਜਲਦ ਹੀ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਲਿਆ ਜਾਵੇਗਾ।