ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਇਸ ਵਾਰ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ। ਪਿਛਲੇ ਚਾਰ ਸਾਲਾਂ ਵਿੱਚ ਇਹ ਨੌਵੀਂ ਵਾਰ ਹੈ ਜਦੋਂ ਰਾਮ ਰਹੀਮ ਨੂੰ ਪੈਰੋਲ ਮਿਲੀ ਹੈ। ਉਹ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਜਦੋਂ ਵੀ ਡੇਰਾ ਮੁਖੀ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਇਹ ਹਰਿਆਣਾ ਸਰਕਾਰ ਲਈ ਵਿਵਾਦ ਦਾ ਵਿਸ਼ਾ ਬਣ ਜਾਂਦਾ ਹੈ। ਇਸ ਸਾਲ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਰਾਮ ਰਹੀਮ ਦੀ ਪੈਰੋਲ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਜ਼ਿਕਰਯੋਗ ਹੈ ਕਿ 2017 ‘ਚ ਰਾਮ ਰਹੀਮ ਨੂੰ ਦੋ ਚੇਲਿਆਂ ਨਾਲ ਬਲਾਤਕਾਰ ਦੇ ਮਾਮਲੇ ‘ਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। 2019 ਵਿੱਚ, ਉਸ ਨੂੰ ਆਪਣੇ ਸਾਬਕਾ ਮੁਲਾਜ਼ਮ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇਲਾਵਾ 2021 ਵਿੱਚ ਇੱਕ ਪੱਤਰਕਾਰ ਦੇ ਕਤਲ ਦੇ ਮਾਮਲੇ ਵਿੱਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।