ਹੁਣ ਸਰਲ ਭਾਸ਼ਾ ਵਿੱਚ ਪੜ੍ਹੇ ਜਾ ਸਕਣਗੇ ਜਾਇਦਾਦ ਦੇ ਦਸਤਾਵੇਜ਼
ਚੰਡੀਗੜ੍ਹ, 11 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਗਰਿਕ ਕੇਂਦਰਿਤ ਫੈਸਲੇ ਨੂੰ ਲਾਗੂ ਕਰਦਿਆਂ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ ਵਿੱਚ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜਿਸ ਨਾਲ ਹੁਣ ਆਮ ਵਿਅਕਤੀ ਆਪਣੀ ਜਾਇਦਾਦ ਦੇ ਦਸਤਾਵੇਜ਼ ਖੁਦ ਪੜ੍ਹ ਸਕੇਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਭਾਗ ਨੇ ਜਾਇਦਾਦ ਦੀ ਰਜਿਸਟਰੀ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਤਿਆਰ ਕੀਤਾ ਨਵਾਂ ਪ੍ਰੋਫਾਰਮਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਮਾਲ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਜਾਇਦਾਦ ਦੇ ਮਾਲਕ ਦੀ ਇੱਛਾ ਮੁਤਾਬਕ ਨਵੇਂ ਪ੍ਰੋਫਾਰਮੇ ਨਾਲ ਰਜਿਸਟ੍ਰੇਸ਼ਨ ਕੀਤੀ ਜਾਵੇ ਤਾਂ ਕਿ ਉਸ ਨੂੰ ਆਪਣੇ ਦਸਤਾਵੇਜ਼ ਪੜ੍ਹਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਪ੍ਰੋਫਾਰਮਾ ਸਬ-ਰਜਿਸਟਰਾਰ ਅਤੇ ਸੰਯੁਕਤ ਸਬ-ਰਜਿਸਟਰਾਰ ਦੇ ਦਫ਼ਤਰਾਂ ਵਿੱਚ ਵੀ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਅਕਤੀ ਆਪਣੀ ਜਾਇਦਾਦ ਦੀ ਰਜਿਸਟਰੀ ਨਵੇਂ ਪ੍ਰੋਫਾਰਮੇ ਮੁਤਾਬਕ ਕਰਵਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰੋਫਾਰਮਾ ਮਾਲ ਵਿਭਾਗ ਦੀ ਅਧਿਕਾਰਤ ਵੈੱਬਸਾਈਟ https://revenue.punjab.gov.in ਉਤੇ ਉਪਲਬਧ ਹੈ। ਇਸ ਪ੍ਰੋਫਾਰਮਾ ਦਾ ਪ੍ਰਿੰਟ ਲੈ ਕੇ ਜਾਂ ਦੋਬਾਰਾ ਟਾਈਪ ਕਰਕੇ ਇਸ ਉੱਤੇ ਰਜਿਸਟਰੀ ਕਰਵਾਈ ਜਾ ਸਕਦੀ ਹੈ। ਜਿੰਪਾ ਨੇ ਦੱਸਿਆ ਕਿ ਜਲਦ ਹੀ ਇਸ ਪ੍ਰੋਫਾਰਮਾ ਨੂੰ ਆਨਲਾਈਨ ਭਰਨ ਦੀ ਸੁਵਿਧਾ ਵੀ ਸ਼ੁਰੂ ਕਰ ਦਿੱਤੀ ਜਾਵੇਗੀ।
ਸ੍ਰੀ ਜਿੰਪਾ ਨੇ ਅੱਗੇ ਦੱਸਿਆ ਕਿ ਲੰਘੀ 8 ਸਤੰਬਰ ਨੂੰ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਸੀ ਕਿ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ ਵਿੱਚ ਕੀਤੀ ਜਾਵੇਗੀ ਤਾਂ ਕਿ ਸਧਾਰਨ ਵਿਅਕਤੀ ਵੀ ਆਪਣੇ ਕਾਗਜ਼-ਪੱਤਰ ਪੜ੍ਹ ਸਕੇ।
ਮਾਲ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਜ਼ਮੀਨ-ਜਾਇਦਾਦ ਨਾਲ ਜੁੜੇ ਦਸਤਾਵੇਜ਼ਾਂ ਦੀ ਭਾਸ਼ਾ ਸਧਾਰਨ ਪੰਜਾਬੀ ਭਾਸ਼ਾ ਵਿੱਚ ਹੋਣੀ ਚਾਹੀਦੀ ਹੈ ਕਿਉਂਕਿ ਇਸ ਵੇਲੇ ਰਜਿਸਟਰ੍ਰੇਸ਼ਨ ਲਈ ਵਰਤੇ ਜਾਂਦੇ ਦਸਤਾਵੇਜ਼ਾਂ ਵਿੱਚ ਉਰਦੂ ਤੇ ਫਾਰਸੀ ਸ਼ਬਦਾਂ ਦੀ ਭਰਮਾਰ ਹੁੰਦੀ ਸੀ ਜਿਸ ਕਰਕੇ ਉਹ ਚੰਗੀ ਤਰ੍ਹਾਂ ਪੜ੍ਹ ਨਹੀਂ ਸਕਦੇ। ਇਸ ਤੋਂ ਪਹਿਲਾਂ ਭਾਸ਼ਾ ਦੀ ਸਮਝ ਨਾ ਪੈਣ ਧੋਖਾਧੜੀ ਅਤੇ ਗੜਬੜੀ ਦੀ ਗੁੰਜਾਇਸ਼ ਬਣੀ ਰਹਿੰਦੀ ਸੀ।
ਸ੍ਰੀ ਜਿੰਪਾ ਨੇ ਅੱਗੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਹੋਰ ਵੀ ਕਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਟਵਾਰੀਆਂ ਦੀ ਭਰਤੀ ਵੱਡੇ ਪੱਧਰ ਉਤੇ ਕੀਤੀ ਗਈ ਹੈ ਤਾਂ ਕਿ ਲੋਕਾਂ ਖਾਸ ਕਰਕੇ ਪਿੰਡਾਂ ਦੇ ਲੋਕਾਂ ਨੂੰ ਜ਼ਮੀਨ ਦਾ ਕੰਮਕਾਜ ਕਰਵਾਉਣ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਲ ਵਿਭਾਗ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।