ਕਰਨਾਲ, 19 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)
Haryana Elections: ਸੱਤਾਧਾਰੀ ਧਿਰ ਭਾਜਪਾ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਧਮੀਜਾ ਨੇ ਸੂਬੇ ਦੇ ਕਈ ਪ੍ਰਮੁੱਖ ਨੇਤਾਵਾਂ ਦੇ ਨਾਲ ਰੋਹਤਕ ’ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਮੂਲੀਅਤ ਕੀਤੀ।
ਲੋਹਗੜ੍ਹ ਟਰੱਸਟ ਦੇ ਚੇਅਰਮੈਨ ਧਮੀਜਾ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਡਰੀਮ ਪ੍ਰੋਜੈਕਟ ਲੋਹਗੜ੍ਹ ਖ਼ਾਲਸਾ ਰਾਜਧਾਨੀ ਦੇ ਨਜ਼ਰਅੰਦਾਜ਼ ਹੋਣ ਕਾਰਨ ਆਪਣੀ ਨਰਾਜ਼ਗੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਮੈਂ ਅੱਜ ਆਪਣੇ ਦੋਸਤਾਂ ਅਤੇ ਸ਼ੁਭਚਿੰਤਕਾਂ ਨਾਲ ਕਾਂਗਰਸ ‘ਚ ਸ਼ਾਮਲ ਹੋਇਆ ਹਾਂ। ਧਮੀਜਾ ਨੇ ਹੁੱਡਾ ਨਾਲ ਆਪਣੇ ਲੰਬੇ ਸਮੇਂ ਦੇ ਸਬੰਧਾਂ ਬਾਰੇ ਵੀ ਚਰਚਾ ਕੀਤੀ।
ਜ਼ਿਕਰਯੋਗ ਹੈ ਕਿ ਧਮੀਜਾ ਨੂੰ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦਾ ਡਿਪਟੀ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਹੁੱਡਾ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦੀ ਸ਼ਲਾਘਾ ਕੀਤੀ ਗਈ ਸੀ।

