ਵਿਰੋਧੀ ਧਿਰ ਦੇ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਨੇ ਅੱਜ ਮੁੜ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੰਸਦ ਦੀ ਸੁਰੱਖਿਆ ਵਿਚ ਕੁਤਾਹੀ ਦੇ ਮੁੱਦੇ ‘ਤੇ ਸਦਨ ਵਿਚ ਬਿਆਨ ਦੇਣਾ ਚਾਹੀਦਾ ਹੈ ਅਤੇ ਇਸ ਮਾਮਲੇ ‘ਤੇ ਚਰਚਾ ਹੋਣੀ ਚਾਹੀਦੀ ਹੈ। ਸੰਸਦ ਭਵਨ ‘ਚ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੇ ਚੈਂਬਰ ‘ਚ ਵਿਰੋਧੀ ਪਾਰਟੀਆਂ ਦੀ ਬੈਠਕ ‘ਚ ਸੰਸਦ ਦੀ ਸੁਰੱਖਿਆ ‘ਚ ਕੁਤਾਹੀ ਅਤੇ ਦੋਵਾਂ ਸਦਨਾਂ ਤੋਂ ਵਿਰੋਧੀ ਧਿਰ ਦੇ 14 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਮੁੱਦੇ ‘ਤੇ ਚਰਚਾ ਹੋਈ। ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਕਾਂਗਰਸ ਦੇ ਖੜਗੇ ਅਤੇ ਜੈਰਾਮ ਰਮੇਸ਼, ਡੀਐੱਮਕੇ ਦੇ ਟੀਆਰ ਬਾਲੂ, ਤ੍ਰਿਣਮੂਲ ਕਾਂਗਰਸ ਦੇ ਸੁਦੀਪ ਬੰਦੋਪਾਧਿਆਏ ਅਤੇ ਡੇਰੇਕ ਓ’ ਬ੍ਰਾਇਨ, ਨੈਸ਼ਨਲ ਕਾਨਫਰੰਸ ਦੇ ਫਾਰੂਕ ਅਬਦੁੱਲਾ, ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਅਤੇ ਕਈ ਹੋਰ ਵਿਰੋਧੀ ਸੰਸਦ ਮੈਂਬਰ ਸ਼ਾਮਲ ਹੋਏ।

