ਇੰਫਾਲ, 28 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)
ਮਨੀਪੁਰ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਖ਼ਿਲਾਫ਼ ਹਿੰਸਕ ਪ੍ਰਦਰਸ਼ਨ ਅੱਜ ਸਵੇਰੇ ਵੀ ਜਾਰੀ ਰਿਹਾ। ਇੰਫਾਲ ਪੱਛਮੀ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਵਿੱਚ ਭੰਨਤੋੜ ਕੀਤੀ ਅਤੇ ਦੋ ਵਾਹਨਾਂ ਨੂੰ ਅੱਗ ਲਾ ਦਿੱਤੀ। ਰਾਤ ਨੂੰ ਉਰੀਪੋਕ, ਯਾਸਕੁਲ, ਸਗੋਲਬੰਦ ਅਤੇ ਟੇਰਾ ਖੇਤਰਾਂ ‘ਚ ਪ੍ਰਦਰਸ਼ਨਕਾਰੀਆਂ ਦੀ ਸੁਰੱਖਿਆ ਬਲਾਂ ਨਾਲ ਝੜਪ ਹੋ ਗਈ, ਜਿਸ ਕਾਰਨ ਸੁਰੱਖਿਆ ਬਲਾਂ ਨੂੰ ਸਥਿਤੀ ‘ਤੇ ਕਾਬੂ ਪਾਉਣ ਲਈ ਕਈ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ ਨੂੰ ਰਿਹਾਇਸ਼ੀ ਇਲਾਕਿਆਂ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਟਾਇਰ ਸਾੜ ਕੇ ਸੜਕਾਂ ਜਾਮ ਕਰ ਦਿੱਤੀਆਂ। ਭੀੜ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੀ ਭੰਨਤੋੜ ਕੀਤੀ ਅਤੇ ਦੋ ਚਾਰ ਪਹੀਆ ਵਾਹਨਾਂ ਨੂੰ ਅੱਗ ਲਾ ਦਿੱਤੀ। ਸੀਆਰਪੀਐੱਫ ਦੇ ਜਵਾਨਾਂ ਨੇ ਸਥਿਤੀ ‘ਤੇ ਕਾਬੂ ਪਾਇਆ। ਸੁਰੱਖਿਆ ਬਲਾਂ ਵੱਲੋਂ ਹਿੰਸਕ ਪ੍ਰਦਰਸ਼ਨਾਂ ਨਾਲ ਨਜਿੱਠਣ ਦੇ ਕਾਰਨ ਇੰਫਾਲ ਪੂਰਬੀ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਵਿੱਚ ਕਰਫਿਊ ਮੁੜ ਲਾਗੂ ਕਰ ਦਿੱਤਾ ਗਿਆ ਹੈ। ਮੰਗਲਵਾਰ ਤੋਂ ਹੁਣ ਤੱਕ ਇਨ੍ਹਾਂ ਪ੍ਰਦਰਸ਼ਨਾਂ ‘ਚ 65 ਪ੍ਰਦਰਸ਼ਨਕਾਰੀ ਜ਼ਖਮੀ ਹੋ ਚੁੱਕੇ ਹਨ। ਇਸ ਦੌਰਾਨ ਥੌਬਲ ਜ਼ਿਲ੍ਹੇ ਦੇ ਖੋਂਗਜਾਮ ਵਿਖੇ ਭਾਜਪਾ ਦੇ ਦਫ਼ਤਰ ਨੂੰ ਅੱਗ ਲਗਾ ਦਿੱਤੀ ਗਈ।