ਪਟਿਆਲਾ, 21 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਸਮੁੱਚਾ ਪ੍ਰਸ਼ਾਸਨ ਕਿਸਾਨਾਂ ਨੂੰ ਇਨ ਤੇ ਐਕਸ ਸੀਟੂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਕਰਵਾਉਣ ਲਈ ਕੰਮ ਕਰ ਰਿਹਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜਿਸ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਨਿਪਟਾਰਾ ਸਹੀ ਤਰੀਕੇ ਨਾਲ ਕਰਨ ਲਈ ਜਾਗਰੂਕ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਕਿਸਾਨਾਂ ਤੱਕ ਸਿੱਧੀ ਪਹੁੰਚ ਵੀ ਬਣਾਈ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦਾ ਸਮੁੱਚਾ ਸਟਾਫ਼ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਲਗਾਤਾਰ ਫ਼ੀਲਡ ਵਿੱਚ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪੱਧਰ, ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ‘ਤੇ ਜਿਥੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਉਥੇ ਨਾਲ ਹੀ ਹਰੇਕ ਕਿਸਾਨ ਨਾਲ ਸਿੱਧਾ ਰਾਬਤਾ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਬਿਨ੍ਹਾਂ ਕਿਸੇ ਮੁਸ਼ਕਲ ਦੇ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਉਪਲਬੱਧ ਕਰਵਾਈ ਜਾ ਸਕੇ।
ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਪਿੰਡ ਕੌਲੀ, ਗੌਸਪੁਰ, ਸ਼ੰਕਰਪੁਰ, ਜਾਫ਼ਰਨਗਰ, ਆਲਮਪੁਰ, ਦੌਣ ਕਲਾਂ, ਰਾਏਪੁਰ ਤੇ ਜਲਾਲਪੁਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ ਤੇ ਨਾਲ ਹੀ ਬੇਲਰ ਰਾਹੀਂ ਬਣਾਈਆਂ ਜਾ ਰਹੀਆਂ ਗੱਠਾ ਅਤੇ ਉਨ੍ਹਾਂ ਨੂੰ ਸਮੇਂ ਸਿਰ ਖੇਤਾਂ ਵਿੱਚ ਚਕਾਉਣ ਲਈ ਬੇਲਰਾਂ ਮਾਲਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਤੋਂ ਜ਼ਿਲ੍ਹੇ ਵਿੱਚ ਕਣਕ ਦੀ ਬਿਜਾਈ ਸ਼ੁਰੂ ਹੋ ਜਾਵੇਗੀ ਇਸ ਲਈ ਕਿਸਾਨ ਇਨ ਸੀਟੂ ਤਕਨੀਕ ਦੀ ਵਰਤੋਂ ਕਰਦੇ ਹੋਏ ਸਰਫੇਸ ਸੀਡਰ ਤੇ ਸੁਪਰ ਸੀਡਰ ਵਰਗੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜਿਥੇ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ, ਉਥੇ ਹੀ ਵਾਤਾਵਰਣ ਪਲੀਤ ਹੋਣ ਤੋਂ ਬਚਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਦਾ ਨਿਪਟਾਰਾ ਕਰਨ।