-ਕਿਸਾਨ ਸਹਾਇਤਾ ਕੇਂਦਰ ਵਿਖੇ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਮੰਗ ਬਾਰੇ ਜਾਣਕਾਰੀ ਸਾਂਝੀ ਕਰਨ ਕਿਸਾਨ
ਪਟਿਆਲਾ, 9 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਕੰਮ ਕਰ ਰਿਹਾ ਹੈ, ਜਿਸ ਤਹਿਤ ਹੁਣ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਸਬੰਧੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਈ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਕਰਨ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਜੰਗੀ ਪੱਧਰ ‘ਤੇ ਕੰਮ ਕਰ ਰਿਹਾ ਹੈ, ਇਸੇ ਲੜੀ ਤਹਿਤ ਕਿਸਾਨਾਂ ਤੱਕ ਉਪਲਬੱਧ ਮਸ਼ੀਨਰੀ ਸਬੰਧੀ ਜਾਣਕਾਰੀ ਪੁੱਜਦੀ ਕਰਨ ਲਈ ਪਹਿਲਾਂ ਵਟਸ ਐਪ ਚੈਟ ਬੋਟ ਅਤੇ ਹੁਣ ਮੰਡੀਆਂ ਵਿੱਚ ਹੀ ਕਿਸਾਨ ਸਹਾਇਤਾ ਕੇਂਦਰ ਵਿਖੇ ਮੰਡੀ ਵਿੱਚ ਦਾਖਲੇ ਸਮੇਂ ਹੀ ਕਿਸਾਨ ਪਾਸੋਂ ਪਰਾਲੀ ਪ੍ਰਬੰਧਨ ਲਈ ਲੋੜੀਦੀ ਮਸ਼ੀਨਰੀ ਸਬੰਧੀ ਜਾਣਕਾਰੀ ਲਈ ਜਾਵੇਗੀ ਤੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਮੈਨਟੇਨ ਕੀਤੇ ਆਮਦ/ਬੋਲੀ ਰਜਿਸਟਰ ਵਿੱਚ ਕਿਸਾਨ ਦਾ ਨਾਮ, ਪਿੰਡ ਤੇ ਸੰਪਰਕ ਨੰਬਰ ਸਮੇਤ ਪਰਾਲੀ ਪ੍ਰਬੰਧਨ ਕਰਨ ਲਈ ਲੋੜੀਦੀ ਮਸ਼ੀਨਰੀ ਦੀ ਸੂਚਨਾ ਦਰਜ ਕੀਤੀ ਜਾਵੇਗੀ ਅਤੇ ਇਹ ਸੂਚਨਾ ਤੁਰੰਤ ਸਬ ਡਵੀਜਨ ਪੱਧਰ ਤੇ ਸਬੰਧਤ ਮੰਡਲ ਮੈਜਿਸਟਰੇਟ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬੱਧ ਹੋ ਸਕੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਇਹ ਕੋਈ ਹੱਲ ਲਈ ਇਸ ਨਾਲ ਅਸੀਂ ਕਈ ਕਈ ਗੰਭੀਰ ਸੰਕਟਾਂ ਨੂੰ ਸੱਦਾ ਦਿੰਦੇ ਹਨ, ਜਿਸ ਵਿੱਚ ਮੁੱਖ ਤੌਰ ‘ਤੇ ਵਾਤਾਵਰਣ ਪਲੀਤ ਹੋਣਾ, ਬੱਚਿਆਂ ਤੇ ਬਜ਼ੁਰਗਾਂ ਨੂੰ ਸਾਹ ਲੈਣ ਵਿੱਚ ਦਿੱਕਤ, ਧੂੰਏ ਕਾਰਨ ਸੜਕ ਦੁਰਘਟਨਾਵਾਂ, ਜ਼ਮੀਨ ਦੀ ਉਪਜਾਊ ਸ਼ਕਤੀ ਘਟਣ ਸਮੇਤ ਹੋਰ ਕਈ ਸਮੱਸਿਆਵਾਂ ਉਤਪੰਨ ਹੁੰਦੀਆਂ ਹਨ।