-ਕਿਹਾ, ਜਾਗਰੂਕਤਾ ਕੈਂਪ ਰਾਹੀਂ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕੀਤਾ ਜਾ ਰਿਹੈ ਕਿਸਾਨਾਂ ਨੂੰ ਸੁਚੇਤ
-ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਸੈਟੇਲਾਈਟ ਰਾਹੀਂ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ
ਪਟਿਆਲਾ, 15 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਜਿੰਨੀ ਤੇਜ਼ੀ ਨਾਲ ਹੋ ਰਹੀ ਹੈ, ਉਸੇ ਤੇਜ਼ੀ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਰਾਬਤਾ ਰੱਖਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੱਢਣ ਤੋਂ ਬਾਅਦ ਤੁਰੰਤ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਜਾਂ ਐਕਸ ਸੀਟੂ ਤਕਨੀਕਾਂ ਨਾਲ ਕਰਨ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਈ ਜਾ ਸਕੇ। ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ ਵਿੱਚ ਕੰਮ ਕਰ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਲਈ ਪਿੰਡ ਪੱਧਰ ਤੱਕ ਦਾ ਮਾਈਕਰੋ ਪਲਾਨ ਬਣਾਇਆ ਗਿਆ ਸੀ, ਜਿਸ ਅਨੁਸਾਰ ਹੁਣ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਪੱਧਰ ‘ਤੇ ਐਸ.ਡੀ.ਐਮਜ਼ ਖੁਦ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਿਥੇ ਜਾਗਰੂਕ ਕਰ ਰਹੇ ਹਨ, ਉਥੇ ਹੀ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣਾ ਤੇ ਅੱਗ ਲਗਾਉਣ ਵਾਲਿਆਂ ਖਿਲਾਫ਼ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿੱਧਾ ਰਾਬਤਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਥੋ ਰੋਜ਼ਾਨਾ ਕਿਸਾਨਾਂ ਨੂੰ ਫ਼ੋਨ ਕਾਲ ਕਰਕੇ ਫ਼ਸਲ ਵੱਢਣ ਦੀ ਮਿਤੀ ਅਤੇ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਦੀ ਜ਼ਰੂਰਤ ਬਾਰੇ ਜਾਣਕਾਰੀ ਲਈ ਜਾਂਦੀ ਹੈ ਤੇ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਖੇਤਰ ਦੇ ਨੋਡਲ ਅਫ਼ਸਰ ਨੂੰ ਤੁਰੰਤ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਵਟਸ ਐਪ ਚੈਟ ਬੋਟ (73800-16070) ਵੀ ਬਣਾਇਆ ਗਿਆ ਹੈ ਜਿਸ ਤੋਂ ਉਹ ਆਪਣੇ ਨੇੜੇ ਉਪਲਬੱਧ ਮਸ਼ੀਨਰੀ ਸਬੰਧੀ ਜਾਣਕਾਰੀ ਲੈ ਸਕਦੇ ਹਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਵੱਲੋਂ ਲਗਾਤਾਰ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਸੈਟੇਲਾਈਟ ਰਾਹੀਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਖੇਤਾਂ ਵਿੱਚ ਲੱਗੀ ਅੱਗ ਦੀ ਸੂਚਨਾ ਭਾਰਤ ਸਰਕਾਰ, ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਸੈਟੇਲਾਈਟ ਰਾਹੀਂ ਪੁੱਜ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਵੱਲੋਂ ਖੇਤਾਂ ਵਿੱਚ ਅੱਗ ਲਗਾਈ ਗਈ ਹੈ, ਉਨ੍ਹਾਂ ‘ਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰਨ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਦੇ ਸਕੀਏ।