ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢੀ ਜਾਣ ਵਾਲੀ ਯਾਤਰਾ ਬਾਰੇ ਕਿਹਾ ਕਿ ਅਕਾਲੀਆਂ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ ਨੂੰ ਲੁੱਟਿਆ ਹੈ, ਜਿਸ ਕਰਕੇ ਇਸ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾਅ ਲਓ ਯਾਤਰਾ’ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ 15 ਸਾਲਾਂ ਦੇ ਹਨੇਰਗਰਦੀ ਅਤੇ ਬਦਅਮਨੀ ਵਾਲੇ ਸ਼ਾਸਨ ਦੌਰਾਨ ਸੂਬੇ ਦੇ ਵਸੀਲਿਆਂ ਉਤੇ ਡਾਕਾ ਮਾਰਿਆ ਅਤੇ ਪੰਜਾਬੀਆਂ ਦੇ ਦਿਲਾਂ ਨੂੰ ਡੂੰਘੇ ਜ਼ਖ਼ਮ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੁਣ ਹਾਸ਼ੀਏ ਉਤੇ ਪਹੁੰਚ ਚੁੱਕੀ ਹੈ ਅਤੇ ਸੂਬੇ ਵਿੱਚ ਲੰਮਾ ਸਮਾਂ ਸੱਤਾ ਵਿੱਚ ਰਹਿਣ ਤੋਂ ਬਾਅਦ ਅੱਜ ਤਿੰਨ ਸੀਟਾਂ ਤੱਕ ਰਹਿ ਗਈ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਹਰੇ ਕਿਰਦਾਰ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ, ਜਿਸ ਕਰਕੇ ਯਾਤਰਾ ਵਰਗੇ ਡਰਾਮੇ ਹੁਣ ਕੰਮ ਨਹੀਂ ਆਉਣੇ। ਸ੍ਰੀ ਮਾਨ ਨੇ ਅਕਾਲੀਆਂ ਨੂੰ ਚੇਤੇ ਕਰਵਾਇਆ ਕਿ ਉਸ ਦੇ ਲੰਮੇ ਕੁਸ਼ਾਸਨ ਦੌਰਾਨ ਪੰਜਾਬ ਹਰੇਕ ਖੇਤਰ ਵਿੱਚ ਪੱਛੜਦਾ ਰਿਹਾ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਕਿਹਾ, ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੈਂਗਟਸਰਾਂ ਅਤੇ ਨਸ਼ਾ ਮਾਫੀਏ ਦੀ ਪੁਸ਼ਤਪਨਾਹੀ ਵਰਗੇ ਬੱਜਰ ਗੁਨਾਹਾਂ ਵਿੱਚੋਂ ਤੁਸੀਂ ਕਦੇ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ। ਪੰਜਾਬ ਦੇ ਲੋਕ ਉਹ ਸਮਾਂ ਕਦੇ ਵੀ ਭੁੱਲ ਨਹੀਂ ਸਕਦੇ ਜਦੋਂ ਸਮੁੱਚਾ ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਖੜ੍ਹਾ ਸੀ ਅਤੇ ਉਸ ਵੇਲੇ ਅਕਾਲੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਨਿਰਲੱਜ ਹੋ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸੋਹਲੇ ਗਾ ਰਹੇ ਸਨ।’ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਖਾਸ ਕਰਕੇ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਫੈਸਲਿਆਂ ਦੀ ਸੂਚੀ ਬਹੁਤ ਲੰਮੀ ਹੈ ਜਿਸ ਕਰਕੇ ਇਨ੍ਹਾਂ ਨੂੰ ਸਿਆਸੀ ਗੁਮਨਾਮੀ ਵਿੱਚ ਭੇਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਆਪਣੇ ਲੰਮੇ ਕਾਰਜਕਾਲ ਦੀ ਇਕ ਵੀ ਪ੍ਰਾਪਤੀ ਲੋਕਾਂ ਨੂੰ ਦੱਸਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਵਿਅੰਗ ਕੀਤਾ,‘ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਹਰਮਿਸਰਤ ਕੌਰ ਬਾਦਲ ਮਹਿਜ਼ ਦੋ ਸੰਸਦ ਮੈਂਬਰ ਲੋਕ ਸਭਾ ਵਿੱਚ ਹਨ ਪਰ ਇਨ੍ਹਾਂ ਨੇ ਵੀ ਕਦੇ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਮਸਲਿਆਂ ਲਈ ਲੋਕ ਸਭਾ ਵਿੱਚ ਆਵਾਜ਼ ਨਹੀਂ ਚੁੱਕੀ।’ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਪ੍ਰਸਤਾਵਿਤ ਯਾਤਰਾ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਮੀਡੀਆ ਵਿੱਚ ਸੁਰਖੀਆਂ ਲੈਣ ਤੋਂ ਵੱਧ ਹੋਰ ਕੁਝ ਨਹੀਂ। ਪੰਜਾਬ ਦੇ ਲੋਕ ਅਕਾਲੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਕਿਰਦਾਰ ਤੋਂ ਭਲੀ ਭਾਂਤ ਜਾਣੂ ਹਨ ਜਿਸ ਕਰਕੇ ਉਨ੍ਹਾਂ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।

