ਜਲੰਧਰ, 1 ਅਗਸਤ (ਪ੍ਰੈਸ ਕੀ ਤਾਕਤ ਬਿਊਰੋ) – ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਆਉਣ ਵਾਲੇ ਦਿਨਾਂ ’ਚ ਰਾਹਤ ਮਿਲੇਗੀ, ਕਿਉਂਕਿ ਮੌਸਮ ਵਿਭਾਗ ਨੇ ਪੰਜਾਬ ਵਿਚ 2 ਤੋਂ 4 ਅਗਸਤ ਤੱਕ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟ ਕਰਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸੇ ਲੜੀ ਤਹਿਤ 1 ਅਗਸਤ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਸੂਬੇ ਦੇ ਬਾਕੀ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ 2 ਅਗਸਤ ਨੂੰ ਭਾਰੀ ਮੀਂਹ ਦੇ ਨਾਲ-ਨਾਲ ਹਲਕੀ ਗੜੇਮਾਰੀ ਵੀ ਹੋ ਸਕਦੀ ਹੈ। 4 ਅਗਸਤ ਤੱਕ ਘੱਟੋ-ਘੱਟ ਤਾਪਮਾਨ 28 ਡਿਗਰੀ ਦੇ ਨੇੜੇ ਰਹੇਗਾ ਜਦ ਕਿ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੋਂ ਹੇਠਾਂ 32 ਡਿਗਰੀ ਤੱਕ ਜਾਣ ਦੀ ਉਮੀਦ ਹੈ।