ਸੰਸਦ ਵਿੱਚ ਵਿਰੋਧੀ ਧਿਰਾਂ ਦੇ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੰਸਦ ਦੀ ਸੁਰੱਖਿਆ ਉਲੰਘਣਾ ਦੀ ਗੰਭੀਰਤਾ ਨੂੰ ਘੱਟ ਕਰ ਕੇ ਨਹੀਂ ਦੇਖਿਆ ਜਾ ਸਕਦਾ ਅਤੇ ਇਸ ਮੁੱਦੇ ’ਤੇ ਕੋਈ ਵਿਵਾਦ ਖੜ੍ਹਾ ਨਹੀਂ ਕਰਨਾ ਚਾਹੀਦਾ। ਇੱਕ ਇੰਟਰਵਿਊ ਵਿੱਚ ਮੋਦੀ ਨੇ ਆਖਿਆ ਕਿ ਜਾਂਚ ਏਜੰਸੀਆਂ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਹ ਸਖਤ ਕਦਮ ਚੁੱਕ ਰਹੀਆਂ ਹਨ। ਉਨ੍ਹਾਂ ਇਹ ਵੀ ਆਖਿਆ ਕਿ ਇਸ ਘਟਨਾ ਪਿਛਲੇ ਲੋਕਾਂ ਅਤੇ ਉਨ੍ਹਾਂ ਦੇ ਮਨੋਰਥਾਂ ਦੀ ਤਹਿ ਤੱਕ ਜਾਣ ਵੀ ਜ਼ਰੂਰੀ ਹੈ। ਇੰਟਰਵਿਊ ਦੌਰਾਨ ਉਨ੍ਹਾਂ ਕਿਹਾ, ‘‘ਸੰਸਦ ਦੀ ਸੁਰੱਖਿਆ ’ਚ ਸੰਨ੍ਹ ਲੱਗਣਾ ਦੁਖਦਾਈ ਅਤੇ ਚਿੰਤਾ ਦਾ ਵਿਸ਼ਾ ਹੈ।’’ ਮੋਦੀ ਨੇ ਅਪੀਲ ਕੀਤੀ, ‘‘ਸਮੂਹਿਕ ਭਾਵਨਾ ਨਾਲ ਹੱਲ ਲੱਭਣ ਦੇ ਯਤਨ ਵੀ ਕੀਤੇ ਜਾਣੇ ਚਾਹੀਦੇ ਹਨ। ਹਰ ਕਿਸੇ ਨੂੰ ਅਜਿਹੇ ਮੁੱਦੇ ’ਤੇ ਵਿਵਾਦ ਪੈਦਾ ਕਰਨ ਤੋਂ ਬਚਣਾ ਚਾਹੀਦਾ ਹੈ।’’