ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸੂਬੇ ਦੀ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੇ ਦਾਅਵੇ ਕਰਨ ਵਾਲੇ ਖ਼ੁਦ ਸ਼ਰਾਬ ਘੁਟਾਲੇ ਵਿੱਚ ਉਲਝ ਗਏ ਹਨ। ਉਹ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੇ ਨਾਲ ਹੀ ਸਿੱਧੂ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੂੰ ਆਪਣਾ ਛੋਟਾ ਭਰਾ ਦੱਸਿਆ। ਜ਼ਿਕਰਯੋਗ ਹੈ ਕਿ ਜ਼ੀਰਾ ਨੇ ਕੁਝ ਦਿਨ ਪਹਿਲਾਂ ਸਿੱਧੂ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ ਸੀ।
ਕਾਂਗਰਸ ਪਾਰਟੀ ਦੇ ਅੰਦਰ ਹੀ ਵਿਰੋਧ ਹੋਣ ਬਾਰੇ ਪੁੱਛਣ ’ਤੇ ਸ੍ਰੀ ਸਿੱਧੂ ਨੇ ਕਿਹਾ ਕਿ ਵਿਰੋਧ ਵਿੱਚੋਂ ਹੀ ਵਿਕਾਸ ਹੁੰਦਾ ਹੈ। ਉਹ ਕਦੇ ਕਿਸੇ ਵਰਕਰ ਦੀ ਗੱਲ ਨਹੀਂ ਕਰਦੇ ਕਿਉਂਕਿ ਉਨ੍ਹਾਂ ਦੀ ਲੜਾਈ ਨਿੱਜੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਵਿੱਚ ਰਹਿ ਕੇ ਹੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਾਈ ਪੰਜਾਬ ਵਿੱਚ ਲੋਕ ਰਾਜ ਸਥਾਪਤ ਕਰਨ ਦੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾ ਰਹੀ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਪੰਜਾਬ ਵਿੱਚ ਲੋਕ ਰਾਜ ਲਿਆਉਣਾ ਅਤੇ ਮਾਫ਼ੀਆ ਦਾ ਮੁਕੰਮਲ ਖ਼ਾਤਮਾ ਕਰਨਾ ਹੈ। ਇਸ ਵੇਲੇ ਪੰਜਾਬ ਕਰਜ਼ਈ ਹੋ ਗਿਆ ਹੈ ਅਤੇ ਮੁੱਖ ਮੰਤਰੀ ਹੈਲੀਕਾਪਟਰ ’ਤੇ ਸੈਰ ਕਰ ਰਹੇ ਹਨ। ‘ਆਪ’ ਆਗੂਆਂ ’ਤੇ ਨਿਸ਼ਾਨਾ ਸੇਧਦੇ ਹੋਏ ਨਵਜੋਤ ਿਸੰਘ ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਦੇ ‘ਆਪ’ ਆਗੂ ਸੂਬੇ ਨੂੰ ਬਚਾਉਣ ਲਈ ਨਹੀਂ ਸਗੋਂ ਹੋਰ ਹੇਠਾਂ ਸੁੱਟਣ ਦਾ ਕੰਮ ਕਰ ਰਹੇ ਹਨ।
