ਡੇਰਾ ਬਾਬਾ ਨਾਨਕ, 7 ਮਾਰਚ (ਪ੍ਰੈਸ ਕੀ ਤਾਕਤ)- ਬੀਤੀ ਰਾਤ ਦੋ ਗੁਟਾਂ ਦਰਮਿਆਨ ਹੋਏ ਝਗੜੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਗੁਰਪਿੰਦਰ ਸਿੰਘ (19) ਪਿੰਡ ਹਰੂਵਾਲ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਗੁਰਪਿੰਦਰ ਸਿੰਘ ਆਪਣੇ ਦੋਸਤਾਂ ਨਾਲ ਮੇਲਾ ਵੇਖਣ ਲਈ ਡੇਰਾ ਬਾਬਾ ਨਾਨਕ ਆਇਆ ਸੀ ਕਿ ਇਸ ਦੌਰਾਨ ਪੁਰਾਣੀ ਰੰਜਿਸ਼ ਦੇ ਚਲਦਿਆਂ ਉਸ ਗੁੱਟ ਦੇ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਦੌਰਾਨ ਵਰਤੇ ਗਏ ਤੇਜ਼ਧਾਰ ਹਥਿਆਰ ਨਾਲ ਗੁਰਪਿੰਦਰ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਘਟਨਾ ਸੰਬੰਧੀ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸ.ਐਚ.ਓ. ਦਿਲਪ੍ਰੀਤ ਕੌਰ ਨੇ ਦੱਸਿਆ ਕਿ ਥਾਣਾ ਡੇਰਾ ਬਾਬਾ ਨਾਨਕ ਵਿਖੇ ਇਸ ਘਟਨਾ ’ਚ ਸ਼ਾਮਿਲ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਤੇ ਕੁਝ ਅਣਪਛਾਤਿਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ ਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।