ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਕਈ ਮੌਕਿਆਂ ’ਤੇ ਭਾਰਤ ਸਰਕਾਰ ਨੂੰ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਦੀ ਜਾਂਚ ਵਿੱਚ ਕੈਨੇਡਾ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰੀ ਟੋਨੀ ਬਲਿੰਕਨ ਨੇ ਪਿਛਲੇ ਹਫ਼ਤੇ ਵਿਦੇਸ਼ ਮੰਤਰੀ ਐੱਸ਼ ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਇਆ ਸੀ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਨਿਊਜ਼ ਕਾਨਫਰੰਸ ਵਿੱਚ ਕਿਹਾ, ‘ਉਨ੍ਹਾਂ ਉਦੋਂ ਸਪੱਸ਼ਟ ਕੀਤਾ ਸੀ ਅਤੇ ਮੈਂ ਹੁਣ ਦੁਹਰਾਉਂਦਾ ਹਾਂ ਕਿ ਅਸੀਂ ਇਸ ਮਾਮਲੇ ‘ਤੇ ਕੈਨੇਡਾ ਵਿੱਚ ਆਪਣੇ ਭਾਈਵਾਲਾਂ ਨਾਲ ਨੇੜਿਓਂ ਤਾਲਮੇਲ ਕਰ ਰਹੇ ਹਾਂ। ਅਸੀਂ ਕਈ ਮੌਕਿਆਂ ’ਤੇ ਭਾਰਤ ਸਰਕਾਰ ਨਾਲ ਗੱਲਬਾਤ ਦੌਰਾਨ ਕੈਨੇਡਾ ਦੀ ਜਾਂਚ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਅਮਰੀਕਾ ਦੇ ਵਿਦੇਸ਼ ਮੰਤਰੀ ਨੂੰ ਸ਼ੁੱਕਰਵਾਰ ਨੂੰ ਆਪਣੇ ਭਾਰਤੀ ਹਮਰੁਤਬਾ ਨਾਲ ਮੁਲਾਕਾਤ ਦੌਰਾਨ ਅਜਿਹਾ ਕਰਨ ਦਾ ਮੌਕਾ ਮਿਲਿਆ।’ ਇਹ ਪੁੱਛੇ ਜਾਣ ‘ਤੇ ਕੀ ਭਾਰਤ, ਕੈਨੇਡਾ ਨਾਲ ਸਹਿਯੋਗ ਕਰਨ ਲਈ ਸਹਿਮਤ ਹੋ ਗਿਆ ਹੈ ਤਾਂ ਮਿਲਰ ਨੇ ਕਿਹਾ ਕਿ ਇਸ ਦਾ ਜਵਾਬ ਨਵੀਂ ਦਿੱਲੀ ਨੇ ਦੇਣਾ ਹੈ।