ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਫਰੀਦਾਬਾਦ ਦੇ ਪਿੰਡ ਫਤਹਿਪੁਰ ਬਿਲੌਚ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਵਿਕਾਸ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ, ਵਿਧਾਇਕ ਨਰਿੰਦਰ ਗੁਪਤਾ, ਨਯਨਪਾਲ ਰਾਵਤ ਤੇ ਸੀਮਾ ਤ੍ਰਿਖਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੋਪਾਲ ਸ਼ਰਮਾ, ਪਿੰਡ ਦੇ ਸਰਪੰਚ ਆਦਿ ਹਾਜ਼ਰ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਨੂੰ ਦਿੱਤਾ ਗਿਆ ਵਿਕਾਸ ਭਾਰਤ ਸੰਕਲਪ ਯਾਤਰਾ ਦਾ ਭਾਸ਼ਣ ਸੁਣਿਆ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਵਿਕਾਸ ਭਾਰਤ ਸੰਕਲਪ ਯਾਤਰਾ ਨੂੰ ਹਰਿਆਣਾ ਵਿੱਚ ਜਨ ਸੰਵਾਦ ਪ੍ਰੋਗਰਾਮ ਨਾਲ ਜੋੜਿਆ ਗਿਆ ਹੈ, ਜਿਸ ਦੀ ਸ਼ੁਰੂਆਤ ਅੱਜ ਫਰੀਦਾਬਾਦ ਜ਼ਿਲ੍ਹੇ ਦੇ ਪਿੰਡ ਫਤਿਹਪੁਰ ਬਿਲੌਚ ਤੋਂ ਕੀਤੀ ਗਈ ਹੈ। ਸੂਬੇ ਵਿੱਚ 40 ਹਜ਼ਾਰ ਦੇ ਕਰੀਬ ਸਵੈ-ਸਹਾਇਤਾ ਸਮੂਹ ਹਨ। ਸੂਬਾ ਸਰਕਾਰ ਇਨ੍ਹਾਂ ਸਵੈ-ਸਹਾਇਤਾ ਸਮੂਹਾਂ ਨੂੰ 50 ਹਜ਼ਾਰ ਰੁਪਏ ਤੋਂ ਲੈ ਕੇ 3 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਰਹੀ ਹੈ। ਪ੍ਰੋਗਰਾਮ ਦੌਰਾਨ ਮਹਿਲਾ ਕਿਸਾਨਾਂ ਨੇ ਡਰੋਨ ਉਡਾ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਔਰਤਾਂ ਹੁਣ ਖੇਤੀ ਵਿੱਚ ਖਾਦ ਆਦਿ ਦਾ ਛਿੜਕਾਅ ਕਰਨ ਲਈ ਡਰੋਨ ਦੀ ਵਰਤੋਂ ਕਰ ਸਕਣਗੀਆਂ। ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨਾਲ ਸਬੰਧਤ ਫਿਲਮ ਵੀ ਦਿਖਾਈ ਗਈ। ਇਸ ਮੌਕੇ ਮੁੱਖ ਮੰਤਰੀ ਨੇ 26 ਨਵੰਬਰ 2011 ਨੂੰ ਮੁੰਬਈ ਦੇ ਤਾਜ ਹੋਟਲ ’ਤੇ ਹੋਏ ਅਤਿਵਾਦੀ ਹਮਲੇ ’ਚ ਸੈਂਕੜੇ ਲੋਕਾਂ ਦੀ ਜਾਨ ਬਚਾਉਣ ਵਾਲੇ ਕਮਾਂਡੋ ਸੁਰਿੰਦਰ ਚੌਧਰੀ ਨੂੰ ਵੀ ਸਨਮਾਨਿਤ ਕੀਤਾ।