ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮੌਕੇ ਪੰਚਕੂਲਾ ਵਿੱਚ ਕਰਵਾਏ ਪ੍ਰੋਗਰਾਮ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੰਬੋਧਨ ਕੀਤਾ। ਇਸ ਮੌਕੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਗਰੀਬ ਲੋਕਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ। ਭ੍ਰਿਸ਼ਟਾਚਾਰ ਨੇ ਗ਼ਰੀਬ ਲੋਕਾਂ ਦੇ ਹੱਕਾਂ ਨੂੰ ਖੋਰਾ ਲਾ ਕੇ ਸਮਾਜ ਵਿੱਚ ਆਪਣੇ ਆਪ ਨੂੰ ਸਥਾਪਿਤ ਕਰ ਲਿਆ ਹੈ। ਇਸ ਲਈ ਸਾਨੂੰ ਸਮਾਜ ਨਾਲ ਸਬੰਧ ਬਣਾ ਕੇ ਸਮਾਜ ਸੇਵਾ ਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਦਾ ਯਤਨ ਕਰਨਾ ਚਾਹੀਦਾ ਹੈ। ਭ੍ਰਿਸ਼ਟਾਚਾਰ ਤੋਂ ਦੂਰ ਰਹਿ ਕੇ ਦੇਸ਼ ਅਤੇ ਸੂਬੇ ਨੂੰ ਅੱਗੇ ਲਿਜਾਣ ਲਈ ਯਤਨ ਕਰਨੇ ਚਾਹੀਦੇ ਹਨ। ਇਸ ਦੌਰਾਨ ਸੂਬੇ ਦੇ 9 ਜ਼ਿਲ੍ਹਿਆਂ ਵਿੱਚ 25 ਥਾਵਾਂ ’ਤੇ ਵੀ ਅਧਿਕਾਰੀ ਅਤੇ ਕਰਮਚਾਰੀ ਆਨਲਾਈਨ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ, ਜਿੱਥੇ ਮਿਸ਼ਨ ਕਰਮਯੋਗੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਸ਼ਲਾਘਾਯੋਗ ਕੰਮ ਕਰਨ ਵਾਲੇ 16 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਮੁੱਖ ਸਕੱਤਰ ਵਿੱਤ ਅਤੇ ਮਾਲ ਟੀਐਸਐਨ ਪ੍ਰਸਾਦ, ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਵਧੀਕ ਮੁੱਖ ਸਕੱਤਰ ਅਸ਼ੋਕ ਖੇਮਕਾ, ਏਡੀਜੀਪੀ ਸੀਆਈਡੀ ਅਲੋਕ ਮਿੱਤਲ, ਏਡੀਜੀਪੀ ਲਾਅ ਐਂਡ ਆਰਡਰ ਮਮਤਾ ਸਿੰਘ ਅਤੇ ਡੀਆਈਜੀ ਏਸੀਬੀ ਪੰਕਜ ਨੈਨ ਹਾਜ਼ਰ ਸਨ।